🔥 TRENDING Odisha Probe: Why Naveen Patnaik's For... Gujarat Sees 9‑Fold Surge in Diwali To... Gujarat to Launch Four New Airports, E... અડાલજમાં AAP દ્વારા આયોજિત પ્રેમ કાર્ય... ROHL Expands Footprint with Two New Ho... एकल ग्रामोत्थान फाउंडेशन वे महिला सशक्...
23 Nov 2026•
ગુજરાતી मराठी ਪੰਜਾਬੀ বাংলা

ਡਿਪਟੀ ਡੀ.ਈ.ਓ ਰਜਿੰਦਰ ਕੌਰ ਵੱਲੋਂ ਸਰਕਾਰੀ ਸਕੂਲਾਂ ਦਾ ਦੌਰਾ -ਮਿਡ-ਡੇ-ਮੀਲ ਅਤੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

✍️ Reporter: Parkash singh 🗓 23 Nov 2026, 05:57 PM 👁 12
Share: 💬 WhatsApp 📘 Facebook 𝕏 Post
ਤਰਨ ਤਾਰਨ, 23 ਨਵੰਬਰ :(ਪ੍ਰਕਾਸ਼ ਸਿੰਘ)
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤਰਨ ਤਾਰਨ ਰਜਿੰਦਰ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲੀ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਸਿੱਖਿਆ ਅਤੇ ਵਿਦਿਆਰਥੀਆਂ ਦੀ ਭਲਾਈ ਨਾਲ ਸਬੰਧਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਮਿਡ-ਡੇ-ਮੀਲ ਦੇ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਦੌਰੇ ਦੌਰਾਨ ਰਜਿੰਦਰ ਕੌਰ ਨੇ ਮਿਡ ਡੇ ਮੀਲ ਦੀ ਗੁਣਵੱਤਾ, ਖਾਣਾ ਤਿਆਰ ਕਰਨ ਦੀ ਪ੍ਰਕਿਰਿਆ ਅਤੇ ਖਾਣਾ ਪਰੋਸਣ ਸਮੇਂ ਵਰਤੀ ਜਾਂਦੀ ਸਫ਼ਾਈ ਦਾ ਨਿਰੀਖਣ ਕੀਤਾ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਸਾਫ਼-ਸੁਥਰਾ, ਪੌਸ਼ਟਿਕ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਚਨ ਸ਼ੈੱਡ ਦੀ ਸਫ਼ਾਈ ਅਤੇ ਸੁਚੱਜੇ ਰੱਖ-ਰਖਾਅ ਦੇ ਨਾਲ-ਨਾਲ ਕਿਚਨ ਗਾਰਡਨ ਨੂੰ ਵੀ ਵਿਸ਼ੇਸ਼ ਤੌਰ 'ਤੇ ਸੰਭਾਲਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਸਕੂਲਾਂ ਦੇ ਆਲੇ-ਦੁਆਲੇ ਦੀ ਸਫ਼ਾਈ, ਕੂੜੇ ਦੇ ਸੁਚੱਜੇ ਨਿਪਟਾਰੇ ਅਤੇ ਸਾਫ਼-ਸੁਥਰੇ ਵਾਤਾਵਰਨ ਨੂੰ ਬਣਾਈ ਰੱਖਣ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਦੱਸਿਆ। ਇਸ ਮੌਕੇ ਮਿਡ-ਡੇ-ਮੀਲ ਵਰਕਰਾਂ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਸਫ਼ਾਈ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਖਾਣਾ ਬਣਾਉਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥਾਂ ਦੀ ਸਫ਼ਾਈ, ਰਸੋਈ ਦੇ ਭਾਂਡਿਆਂ ਦੀ ਸਾਫ਼-ਸਫ਼ਾਈ, ਭੋਜਨ ਨੂੰ ਢੱਕ ਕੇ ਰੱਖਣ ਅਤੇ ਨਿੱਜੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ।

ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲੀ ਲੜਕੀਆਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਲਿਖਣ ਦੇ ਗੁਰ ਸਿਖਾਏ ਅਤੇ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਦੀ ਤਿਆਰੀ ਸਬੰਧੀ ਵੀ ਵਿਸ਼ੇਸ਼ ਦਿਲਚਸਪੀ ਦਿਖਾਈ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਇੱਕ ਮਹੱਤਵਪੂਰਨ ਮੌਕਾ ਹੈ। ਇਸ ਲਈ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਵਿਸ਼ੇਸ਼ ਅਤੇ ਯੋਜਨਾਬੱਧ ਤਿਆਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਿਯਮਤ ਅਭਿਆਸ, ਮੌਕ ਟੈਸਟ ਅਤੇ ਵਿਸ਼ੇ ਅਨੁਸਾਰ ਮਾਰਗਦਰਸ਼ਨ ਦੇ ਕੇ ਪ੍ਰੀਖਿਆ ਲਈ ਆਤਮ-ਵਿਸ਼ਵਾਸ ਨਾਲ ਤਿਆਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਉਣਾ ਵੀ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਭਾਗੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲਾਂ ਵਿੱਚ ਸਫ਼ਾਈ, ਸਿਹਤ, ਪੋਸ਼ਣ ਅਤੇ ਮਿਆਰੀ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ਼ ਬੀਰਿੰਦਰ ਸਿੰਘ ਲਹਿਰੀ ਸਹਾਇਕ ਨੋਡਲ ਇੰਚਾਰਜ ਸੈਕੰਡਰੀ ਅਤੇ ਪ੍ਰੇਮ ਸਿੰਘ ਸਹਾਇਕ ਜ਼ਿਲ੍ਹਾ ਨੋਡਲ ਇੰਚਾਰਜ ਪ੍ਰਾਇਮਰੀ ਵੀ ਮੌਜੂਦ ਸਨ।
📲Get App